ਮੋਗਾ, 9 ਅਪ੍ਰੈਲ (000) –ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਹਨਾਂ ਸਿੱਖਿਆ ਅਤੇ ਸਿਹਤ ਵਿਭਾਗਾਂ ਨੂੰ ਸਖਤੀ ਨਾਲ ਕਿਹਾ ਹੈ ਕਿ ਉਹ ਹਰੇਕ ਪ੍ਰਾਇਮਰੀ ਸਕੂਲ ਵਿੱਚ ਮੁੱਢਲੀ ਸਹਾਇਤਾ ਕਿੱਟ, ਜਿਸ ਵਿੱਚ ਲੋੜੀਂਦੀ ਮਾਤਰਾ ਵਿੱਚ ਓ ਆਰ ਐੱਸ ਅਤੇ ਜ਼ਿੰਕ ਦੇ ਪੈਕੇਟ ਅਤੇ ਹੋਰ ਜ਼ਰੂਰੀ ਸਾਜੋ ਸਾਮਾਨ ਹੋਵੇ, ਉਪਲਬਧ ਕਰਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਵਧਣ ਵਾਲੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਬਜ਼ੁਰਗਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਸਿਹਤ ਸੰਭਾਲ ਲਈ ਵੀ ਵਿਸ਼ੇਸ਼ ਕਦਮ ਚੁੱਕਣ ਬਾਰੇ ਦਿਸ਼ਾ ਨਿਰਦੇਸ਼ ਦਿੱਤੇ ਗਏ।
ਅੱਜ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੈਣ ਵਾਲੀ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਹੈ ਕਿ ਅੱਤ ਦੀ ਗਰਮੀ ਦੌਰਾਨ ਜ਼ਿਲ੍ਹਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਨਵ-ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ’ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।
ਉਹਨਾਂ ਦੱਸਿਆ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਉਨ੍ਹਾਂ ਕਿਹਾ ਕਿ ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਂ ਵਿੱਚ ਆਰਾਮ ਕਰਨ ਜਾਂ ਸਿਰ ’ਤੇ ਗਿੱਲਾ ਤੌਲੀਆ ਜਾਂ ਕੱਪੜਾ ਜ਼ਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ।
ਉਨ੍ਹਾਂ ਕਿਹਾ ਕਿ ਮੌਸਮੀ ਫ਼ਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਖਰਬੂਜਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਗਰਮੀ ਦੇ ਸਿਖ਼ਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪ੍ਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜ਼ੇ ਤੇ ਖਿੜਕੀਆਂ ਖੁੱਲ੍ਹੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ। ਜ਼ਰੂਰਤ ਪੈਣ ‘ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੌਲ ਫ੍ਰੀ ਨੰਬਰ 108 ਅਤੇ ਸਿਹਤ ਸੰਬੰਧੀ ਵਧੇਰੇ ਜਾਣਕਾਰੀ ਲਈ ਟੋਲ਼ ਫ੍ਰੀ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Follow us on Facebook